ਬੀਤੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਤੋਂ ਪਾਰ ਕਾਸ਼ਤ ਕਰਦੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪਹੁੰਚੇ ਹੋਏ ਹਨ।
ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਸਖ਼ਤ ਸੁਰੱਖਿਆ ਪਹਿਰੇ ਹੇਠ ਕੰਡਿਆਲੀ ਤਾਰ ਤੋਂ ਪਾਰ ਜਾ ਕੇ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁਆਵਜ਼ਾ ਦਿਤਾ ਜਾਵੇਗਾ, ਜਿਸ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ।
ਉਧਰ ਦੂਜੇ ਪਾਸੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਦਸਿਆ ਕਿ ਅਸੀਂ ਠੇਕੇ ’ਤੇ ਜ਼ਮੀਨਾਂ ਲੈ ਕੇ ਅਪਣੀ ਜਾਨ ਤਲੀ ਉਤੇ ਰੱਖ ਕੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਬੀਜਾਈ ਕੀਤੀ ਸੀ ਪਰ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਸੱਭ ਕੁੱਝ ਤਹਿਸ-ਨਹਿਸ ਹੋ ਗਿਆ। ਉਨ੍ਹਾਂ ਵੀ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੇ ਹੋਏ ਸਮੁੱਚੇ ਨੁਕਸਾਨ ਦੀ ਭਰਪਾਈ ਕਰਨ ਲਈ ਵੱਧ ਤੋਂ ਵੱਧ ਮੁਆਵਜ਼ਾ ਰਾਸ਼ੀ ਦਿਤੀ ਜਾਵੇ।



