ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਦੇ ਮਰਹੂਮ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਕਰੀਬ ਇੱਕ ਘੰਟਾ ਪਰਿਵਾਰ ਨਾਲ ਸਮਾਂ ਬਿਤਾਉਣ ਤੋਂ ਬਾਅਦ ਰਾਹੁਲ ਗਾਂਧੀ ਨੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੁਖੀ ਪਰਿਵਾਰ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ।ਰਾਹੁਲ ਗਾਂਧੀ ਨੇ ਮੰਗ ਕੀਤੀ ਕਿ ਸਰਕਾਰ ਪਰਿਵਾਰ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰੇ ਤਾਂ ਜੋ ਉਹ ਪੂਰਨ ਕੁਮਾਰ ਦਾ ਅੰਤਿਮ ਸਸਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪਰਿਵਾਰ ਦਾ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਦਲਿਤ ਭਾਈ-ਭੈਣਾਂ ਦਾ ਮਾਮਲਾ ਹੈ।
“ਇਹ ਦਲਿਤ ਜੋੜੇ ਨਾਲ ਸਾਲਾਂ ਤੋਂ ਹੋ ਰਿਹਾ ਵਿਤਕਰਾ ਹੈ”
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, “ਇਹ ਬਿਲਕੁਲ ਸਪੱਸ਼ਟ ਹੈ ਕਿ ਇਸ ਦਲਿਤ ਜੋੜੇ ਨੂੰ ਕੁਝ ਦਿਨਾਂ ਜਾਂ ਹਫ਼ਤਿਆਂ ਤੋਂ ਨਹੀਂ, ਸਗੋਂ ਸਾਲਾਂ ਤੋਂ ਵਿਤਕਰੇ ਦਾ ਸਾਹਮਣਾ ਕਰਨਾ ਪਿਆ ਹੈ।” ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ‘ਤੇ ਆਪਣੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਇਆ ਅਤੇ ਪ੍ਰਧਾਨ ਮੰਤਰੀ ਤੇ ਸੂਬਾ ਸਰਕਾਰ ਨੂੰ ਭਰੋਸਾ ਪੂਰਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ, “ਇਹ ਤਮਾਸ਼ਾ ਬੰਦ ਹੋਣਾ ਚਾਹੀਦਾ ਹੈ।” ਰਾਹੁਲ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਯਕੀਨੀ ਬਣਾਉਣ ਕਿ ਦੇਸ਼ ਵਿੱਚ ਦਲਿਤ ਅਧਿਕਾਰੀਆਂ ਦਾ ਸਨਮਾਨ ਹੋਵੇ।
ਸਰਕਾਰ ਵਾਅਦਾ ਪੂਰਾ ਕਰੇ: ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਿਵਾਰ ਦੀਆਂ ਮੰਗਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਤਾਂ ਜੋ ਪੂਰਨ ਕੁਮਾਰ ਦਾ ਅੰਤਿਮ ਸਸਕਾਰ ਸਨਮਾਨ ਨਾਲ ਕੀਤਾ ਜਾ ਸਕੇ।2001 ਬੈਚ ਦੇ ਹਰਿਆਣਾ ਕਾਡਰ ਦੇ ਅਧਿਕਾਰੀ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਨੇ ਆਪਣੇ ਪਿੱਛੇ ਇੱਕ ਵਿਸਤ੍ਰਿਤ ਸੁਸਾਈਡ ਨੋਟ ਛੱਡਿਆ ਸੀ, ਜਿਸ ਵਿੱਚ ਅੱਠ ਸੀਨੀਅਰ ਅਧਿਕਾਰੀਆਂ ‘ਤੇ ਜਾਤੀ-ਅਧਾਰਿਤ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਗਿਆ ਸੀ।
ਪਰਿਵਾਰ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਹੋਣ ਤੱਕ ਪੂਰਨ ਕੁਮਾਰ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ, ਸੂਬਾ ਸਰਕਾਰ ਨੇ DGP ਸ਼ਤਰੂਜੀਤ ਕਪੂਰ ਨੂੰ ਛੁੱਟੀ ‘ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।



